ਮਜਦੂਰੀ ਕਰਨ ਵਾਲੇ ਦੋ ਨੌਜਵਾਨ ਵੱਧ ਪੈਸਾ ਕਮਾਉਣ ਦੇ ਚੱਕਰ ਵਿੱਚ ਹੈਰੋਇਨ ਦੀ ਤਸਕਰੀ ਕਰਨ ਲੱਗ ਪਏ। ਦੋਵੇਂ ਮੁਲਜ਼ਮ ਪਿਛਲੇ ਇੱਕ ਸਾਲ ਤੋਂ ਹੈਰੋਇਨ ਸਪਲਾਈ ਕਰ ਰਹੇ ਸਨ। ਇੱਕ ਗੁਪਤ ਸੂਚਨਾ ਤੋਂ ਬਾਅਦ ਕਾਰਵਾਈ ਕਰਦਿਆਂ ਐਸਟੀਐਫ ਇੰਚਾਰਜ ਹਰਬੰਸ ਸਿੰਘ ਨੇ ਦੋਵਾਂ ਮੁਲਜ਼ਮਾਂ ਨੂੰ 1 ਕਿੱਲੋ 870 ਗ੍ਰਾਮ ਹੈਰੋਇਨ ਸਮੇਤ ਹਿਰਾਸਤ ਵਿਚ ਲਿਆ। ਅੰਤਰਰਾਸ਼ਟਰੀ ਮਾਰਕੀਟ ਵਿੱਚ ਹੈਰੋਇਨ ਦੀ ਕੀਮਤ 9 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਐਸਟੀਐਫ ਲੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੋਤੀ ਨਗਰ ਦੇ ਰਹਿਣ ਵਾਲੇ ਮੁਹੰਮਦ ਇਸਤਿਆਕ ਅਤੇ ਮੁਹੱਲਾ ਰਾਮਦਿੱਤ ਨਗਰ ਦੇ ਰਹਿਣ ਵਾਲੇ ਪ੍ਰਵੀਨ ਕੁਮਾਰ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਏਸੀਪੀ ਦਵਿੰਦਰ ਕੁਮਾਰ ਅਤੇ ਐਸਟੀਐਫ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕੇ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਦੋਵੇਂ ਮੁਲਜ਼ਮ ਹੈਰੋਇਨ ਦੀ ਤਸਕਰੀ ਕਰਦੇ ਹਨ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਮੋਟਰਸਾਈਕਲ ਤੇ ਸਵਾਰ ਹੋ ਕੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਹਨ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਮੁਹੱਲਾ ਮੁਸਲਿਮ ਕਾਲੋਨੀ ਸ਼ੇਰਪੁਰ ਕਲਾਂ ਵਿਖੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ। ਪੁਲਿਸ ਨੇ ਮੁਲਜ਼ਮ ਮੁਹੰਮਦ ਇਸਤਿਆਕ ਦੇ ਪਿੱਠੂ ਬੈਗ ਵੀ ਜਦ ਤਲਾਸ਼ੀ ਲਈ ਤਾਂ ਬੈਗ ਚੋਂ 1ਕਿਲੋ 870 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।