ਡਿਪਟੀ ਕਮਿਸ਼ਨਰ ਵੱਲੋਂ ਬਰਸਾਤ,ਗੜੇਮਾਰੀ ਤੇ ਹਨੇਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਤਲਵੰਡੀ ਭਾਈ ਇਲਾਕੇ ਦੇ ਪਿੰਡਾਂ ਦੌਰਾ
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ, ਗੜੇਮਾਰੀ ਅਤੇ ਹਨੇਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਤੇ ਸਪੈਸ਼ਲ ਗਿਰਦਾਵਰੀ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਤਲਵੰਡੀ ਭਾਈ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਮਾਲ ਵਿਭਾਗ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਅਤੇ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਉਹ ਆਪ ਪਿੰਡਾਂ ਵਿਚ ਜਾ ਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪਿੰਡ ਕਰਮਿੱਤੀ, ਹਰਾਜ, ਲੱਲ੍ਹੇ ਅਤੇ ਤਲਵੰਡੀ ਭਾਈ ਖੇਤਰ ਦੇ ਨਾਲ ਲੱਗਦੇ ਹੋਰ ਪਿੰਡਾਂ ਦਾ ਦੌਰਾ ਕਰਕੇ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀ ਜਲਦੀ ਗਿਰਦਾਵਰੀ ਕਰਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਜਲਦ ਤੋਂ ਜਲਦ ਉਨ੍ਹਾਂ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ। ਇਸ ਸਬੰਧੀ ਉਨ੍ਹਾਂ ਮੌਕੇ ‘ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ਸਲਾਂ ਦੀ ਗਿਰਦਾਵਰੀ ਬਿਲਕੁਲ ਪਾਰਦਰਸ਼ੀ ਢੰਗ ਨਾਲ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਣਦਾ ਢੁੱਕਵਾਂ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਕਰਮਿੱਤੀ ਦੇ ਕਿਸਾਨ ਲਖਵੀਰ ਸਿੰਘ ਦੀ ਕਣਕ ਦੀ ਪੂਰੀ ਫ਼ਸਲ ਖਰਾਬ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਖੜ੍ਹੇ ਹਨ ਅਤੇ ਇਸ ਕੁਦਰਤੀ ਆਫ਼ਤ ਨਾਲ ਹੋਏ ਅੰਨਦਾਤਿਆਂ ਦੇ ਹੋਏ ਨੁਕਸਾਨ ਦੀ ਜਲਦੀ ਹੀ ਭਰਪਾਈ ਕੀਤੀ ਜਾਵੇਗੀ।ਇਸ ਮੌਕੇ ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਕਾਨੂੰਨਗੋ ਵਤਨਪ੍ਰੀਤ ਸਿੰਘ, ਗੁਰਮੇਜ ਸਿੰਘ ਅਤੇ ਹਰਪ੍ਰੀਤ ਸਿੰਘ, ਪਟਵਾਰੀ ਧਰਮਿੰਦਰ ਬਾਂਸਲ, ਸ਼ਮਸ਼ੇਰ ਸਿੰਘ ਅਤੇ ਜਸਮਿੰਦਰ ਸਿੰਘ, ਡਾ. ਓ.ਪੀ. ਸੋਨੀ ਤੋਂ ਇਲਾਵਾ ਇਲਾਕੇ ਦੇ ਕਿਸਾਨ ਤੇ ਪਤਵੰਤੇ ਹਾਜ਼ਰ ਸਨ।