ਆਬਜ਼ਰਵਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਪੰਚਾਇਤੀ ਚੋਣ ਅਮਲੇ ਦੀ ਫਾਈਨਲ ਰੈਂਡਮਾਈਜ਼ੇਸ਼ਨ ਦਾ ਜਾਇਜ਼ਾ ਲਿਆ
ਲੁਧਿਆਣਾ, 13 ਅਕਤੂਬਰ (000) – ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵੋਟਰ ਮੰਗਲਵਾਰ ਨੂੰ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਜੋ ਪੰਚਾਇਤੀ ਚੋਣਾਂ ਲਈ ਮੈਦਾਨ ਵਿੱਚ ਹਨ, ਜਿੱਥੇ ਪੋਲਿੰਗ ਬੂਥਾਂ ‘ਤੇ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤੀ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਲੁਧਿਆਣਾ ਲਈ ਆਬਜ਼ਰਵਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਸੀਨੀਅਰ ਆਈ.ਏ.ਐਸ ਨੇ ਐਤਵਾਰ ਨੂੰ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੋਣ ਅਮਲੇ ਦੀ ਫਾਈਨਲ ਰੈਂਡਮਾਈਜ਼ੇਸ਼ਨ ਦਾ ਜਾਇਜ਼ਾ ਲਿਆ। ਇਸ ਮੌਕੇ ਵਿੱਚ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੀ ਮੌਜੂਦ ਸਨ।
ਆਬਜ਼ਰਵਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ ਤੇ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪੰਚਾਇਤੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੋਲਿੰਗ ਪਾਰਟੀਆਂ, ਸੁਰੱਖਿਆ ਮੁਲਾਜ਼ਮਾਂ ਨੂੰ ਪੋਲਿੰਗ ਬੂਥਾਂ ‘ਤੇ ਰਵਾਨਾ ਕਰਨ ਅਤੇ ਬੈਲਟ ਪੇਪਰ ਆਦਿ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਸਮੂਹ ਚੋਣ ਅਮਲੇ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਵੋਟਰ ਸੁਚਾਰੂ ਅਤੇ ਨਿਰਵਿਘਨ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰਿਆਂ ਦੇ ਮੋਢਿਆਂ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਪੂਰੀ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਪੂਰਾ ਕਰਨ। ਉਨ੍ਹਾਂ ਪੋਲਿੰਗ ਪਾਰਟੀਆਂ ਨੂੰ ਇਸ ਪ੍ਰਕਿਰਿਆ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ।
ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਪੰਚਾਇਤੀ ਚੋਣ ਸਬੰਧੀ ਕਿਸੇ ਵੀ ਮੁੱਦੇ ਜਾਂ ਸ਼ਿਕਾਇਤ ਲਈ ਉਹਨਾਂ (ਆਬਜ਼ਰਵਰ) ਨਾਲ 77430-12314 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹ ਅੰਤਰਰਾਸ਼ਟਰੀ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਠਹਿਰੇ ਹੋਏ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਈਮੇਲ ਆਈਡੀ apssandhu2211@gmail.com ਹੈ।